ਲੁਧਿਆਣਾ, 17 ਸਤੰਬਰ (000)
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਕਾਰਜ ਮੰਤਰ ਤੋਂ ਜਾਣੂ ਕਰਵਾਉਂਦਿਆਂ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ, ਸੰਜੀਦਗੀ ਅਤੇ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ
ਦਫਤਰਾਂ ਵਿਚ ਆਉਣ ਵਾਲੇ ਲੋਕਾਂ ਦੇ ਕੰਮ ਸੇਵਾ ਭਾਵਨਾ ਨਾਲ ਕਰਨ ਨੂੰ ਤਰਜੀਹ ਦਿੱਤੀ ਜਾਵੇ।
ਜੋਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਅਧਿਕਾਰੀਆਂ, ਸਮੂਹ ਸ਼ਾਖਾਵਾਂ ਦੇ ਮੁਖੀਆਂ ਅਤੇ ਸਟਾਫ਼ ਨਾਲ ਇੱਕ ਸ਼ੁਰੂਆਤੀ ਮੀਟਿੰਗ ਦੌਰਾਨ ਆਮ ਲੋਕਾਂ ਦੀ ਗੱਲ ਨੂੰ ਧੀਰਜ ਨਾਲ ਸੁਣਨ ਅਤੇ ਇਹ ਯਕੀਨੀ ਬਣਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਕਿ ਉਨ੍ਹਾਂ ਨੂੰ ਕਿਸੇ ਕਿਸਮ ਦੀ ਅਸੁਵਿਧਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੇ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਲਈ ਉਨ੍ਹਾਂ ਨੂੰ ਆਪਣੀ ਸਮਰੱਥਾ ਅਨੁਸਾਰ ਨਿਰਸਵਾਰਥ ਸੇਵਾਵਾਂ ਪ੍ਰਦਾਨ ਕਰਨ ਲਈ ਕਿਹਾ। ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਸਹੂਲਤ ਲਈ ਚੰਗੇ ਪ੍ਰਸ਼ਾਸਨ, ਸੇਵਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਦਾਨ ਕਰਨ ਅਤੇ ਭਲਾਈ ਤੇ ਵਿਕਾਸ ਸਕੀਮਾਂ ਨੂੰ ਲਾਗੂ ਕਰਨ ਲਈ ਵਚਨਬੱਧ ਹੈ।
ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਜਿਸ ਤਰ੍ਹਾਂ ਉਨ੍ਹਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਦੀ ਉਮੀਦ ਕੀਤੀ ਜਾਂਦੀ ਹੈ, ਉਸੇ ਤਰ੍ਹਾਂ ਉਨ੍ਹਾਂ ਨੂੰ ਆਪਣੇ ਦਫਤਰਾਂ ਵਿੱਚ ਆਉਣ ਵਾਲੇ ਲੋਕਾਂ ਨਾਲ ਨਿਮਰਤਾ ਨਾਲ ਪੇਸ਼ ਆਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨਾਲ ਇਨਸਾਨੀਅਤ ਨਾਲ ਪੇਸ਼ ਆ ਕੇ ਲੋਕ ਸੇਵਾ ਵਿੱਚ ਨਵਾਂ ਮਾਪਦੰਡ ਸਥਾਪਤ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਸੂਬਾ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਨੂੰ ਇਮਾਨਦਾਰੀ ਨਾਲ ਲਾਗੂ ਕਰਨ ਲਈ ਸਖ਼ਤ ਮਿਹਨਤ ਕਰਨ ਦੀ ਲੋੜ ‘ਤੇ ਵੀ ਜ਼ੋਰ ਦਿੱਤਾ।