ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਐਤਵਾਰ ਨੂੰ ਸ਼੍ਰੀ ਰਾਮ ਨੌਮੀ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਇਹ ਪਵਿੱਤਰ ਦਿਹਾੜਾ ਸਾਨੂੰ ਸੱਚ ਅਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ।
ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਪ੍ਰਧਾਨ ਵਿਜੇ ਚੋਪੜਾ ਦੀ ਅਗਵਾਈ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਦਾ ਸਮੁੱਚਾ ਜੀਵਨ ਪ੍ਰੇਰਨਾ ਸਰੋਤ ਹੈ। ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਨੇ ਸਾਨੂੰ ਆਦਰਸ਼ ਅਤੇ ਸਦਾਚਾਰਕ ਜੀਵਨ ਦਾ ਮਾਰਗ ਦਿਖਾਇਆ ਹੈ, ਜਿਸ ’ਤੇ ਚੱਲ ਕੇ ਸਾਨੂੰ ਸਭ ਨੂੰ ਖੁਸ਼ਹਾਲ ਅਤੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।
ਉਨ੍ਹਾਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ।
ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਲੋਕਾਂ ਵਿੱਚ ਸਦਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ।
ਇਸ ਤੋਂ ਪਹਿਲਾਂ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੈਬਨਿਟ ਮੰਤਰੀ ਦਾ ਸ਼ੋਭਾ ਯਾਤਰਾ ਵਿੱਚ ਪਹੁੰਚਣ ’ਤੇ ਸਨਮਾਨ ਵੀ ਕੀਤਾ ਗਿਆ।